Thursday, June 19, 2025
Punjab

19 ਅਕਤੂਬਰ ਨੂੰ ਜ਼ਿਲ੍ਹਾ ਜਲੰਧਰ ਵਿੱਚ ਨਕੋਦਰ ਅਤੇ ਫਿਲੌਰ ਤਹਿਸੀਲ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ* *ਅਧਿਆਪਕਾਂ ਦੀਆਂ ਗੈਰ ਵਿਦਿਅਕ ਕੰਮ ਵਿੱਚ ਲੱਗੀਆਂ ਡਿਊਟੀਆਂ ਰੱਦ ਕਰਨ ਦੀ ਮੰਗ*

*19  ਅਕਤੂਬਰ ਨੂੰ ਜ਼ਿਲ੍ਹਾ ਜਲੰਧਰ ਵਿੱਚ ਨਕੋਦਰ ਅਤੇ ਫਿਲੌਰ ਤਹਿਸੀਲ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ* 

         

 *ਅਧਿਆਪਕਾਂ ਦੀਆਂ ਗੈਰ ਵਿਦਿਅਕ ਕੰਮ ਵਿੱਚ ਲੱਗੀਆਂ ਡਿਊਟੀਆਂ ਰੱਦ ਕਰਨ ਦੀ ਮੰਗ*

     

 ਜਲੰਧਰ 18 ਅਕਤੂਬਰ ( ਨ . ਪੋ .ਨਿਊਜ਼  ) :- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਕਨਵੀਨਰਾਂ ਦੀ ਵਰਚੁਅਲ ਮੀਟਿੰਗ ਕੀਤੀ ਗਈ। ਜਾਰੀ ਪ੍ਰੈੱਸ ਨੋਟ ਅਨੁਸਾਰ ਮੀਟਿੰਗ ਵਿੱਚ ਨਵਪ੍ਰੀਤ ਸਿੰਘ ਬੱਲੀ, ਸੁਰਿੰਦਰ ਕੁਮਾਰ ਪੁਆਰੀ, ਕਰਨੈਲ ਫਿਲੌਰ, ਸੁਖਚਰਨ, ਕੁਲਵਿੰਦਰ ਸਿੰਘ ਜੋਸਨ, ਕੰਵਲਜੀਤ ਸੰਗੋਵਾਲ, ਰਸ਼ਮਿੰਦਰ ਪਾਲ ਸੋਨੂੰ ਆਦਿ ਆਗੂ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ  ਸਿੱਖਿਆ ਵਿਭਾਗ ਵਲੋਂ ਅਧਿਆਪਕ ਬਦਲੀ ਨੀਤੀ ਨੂੰ ਛਿੱਕੇ ਟੰਗ ਕੇ ਅਧਿਆਪਕਾਂ ਦੀ ਦੂਰ ਦੁਰਾਡੇ ਦੇ ਐਮੀਨੈਂਸ ਸਕੂਲਾਂ ਵਿੱਚ ਜਬਰੀ ਬਦਲੀਆਂ ਕੀਤੀਆਂ ਗਈਆਂ ਹਨ।  ਆਗੂਆਂ ਨੇ ਪੰਜਾਬ ਦੇ ਸਮੁੱਚੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਦੇਣ ਦੇ ਬੁਨਿਆਦੀ ਸੰਵਿਧਾਨਕ ਅਧਿਕਾਰ ਨੂੰ ਲਾਗੂ ਕਰਨ ਲਈ ਐਮੀਨੈਂਸ ਸਕੂਲਾਂ ਵਾਲੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ। ਜਦੋਂ ਕਿ ਪੰਜਾਬ ਦੇ ਸਮੁੱਚੇ ਸਕੂਲ ਅਧਿਆਪਕਾਂ ਦੀ ਘਾਟ ਦਾ ਸੰਤਾਪ ਭੋਗ ਰਹੇ ਹਨ, ਉਦੋਂ ਸਰਕਾਰ ਇਨ੍ਹਾਂ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਐਮੀਨੈਂਸ ਸਕੂਲਾਂ ਵਿੱਚ ਸ਼ਿਫਟ ਕਰਕੇ ਆਮ ਵਿਦਿਆਰਥੀਆਂ ਕੋਲੋਂ ਸਿੱਖਿਆ ਦਾ ਰਹਿੰਦਾ ਖੂੰਹਦਾ ਹੱਕ ਵੀ ਖੋਹ ਰਹੀ ਹੈ। ਪੰਜਾਬ ਦੇ ਵਿਦਿਆਰਥੀਆਂ ਨਾਲ ਇਹ ਵਿਤਕਰੇ ਭਰਿਆ ਵਰਤਾਉ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕਰਦਿਆਂ ਕੀਤਾ ਜਾ ਰਿਹਾ ਹੈ। ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂ ਤੇ ਸਿਰਫ ਮਾਣ ਭੱਤੇ ਵਿੱਚ ਹੀ ਵਾਧਾ ਕਰਕੇ ਦੇਸ਼ ਵਿੱਚ ਅਧਿਆਪਕਾਂ ਦਾ ਸ਼ੋਸਣ ਕਰਨ ਦੀ ਨਵੀਂ ਪਿਰਤ ਪਾਈ ਗਈ ਹੈ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਲੰਗੜਾ ਨੋਟੀਫਿਕੇਸ਼ਨ ਕਰਕੇ ਪੰਜਾਬ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਨਾਲ ਵਿਸ਼ਵਾਸ਼ਘਾਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸੈਂਕੜੇ ਕਰੋੜ ਰੁਪਏ ਬਕਾਇਆ ਨਾ ਦੇਣ ਕਾਰਨ ਬੋਰਡ ਵੱਲੋਂ ਵਿਦਿਆਰਥੀਆਂ ਤੋਂ ਸਰਟੀਫਿਕੇਟ ਫ਼ੀਸਾਂ, ਪ੍ਰੈਕਟੀਕਲ ਫੀਸਾਂ ਅਤੇ ਜੁਰਮਾਨੇ ਵਸੂਲ ਕੇ ਪ੍ਰਾਪਤ ਕੀਤੀ ਆਮਦਨ ਨਾਲ ਪੰਜਾਬ ਦਾ ਸਿੱਖਿਆ ਬੋਰਡ ਚਲਦਾ ਰੱਖਣ ਅਤੇ ਅਧਿਆਪਕਾਂ ਦੀਆਂ ਪਟਵਾਰੀਆਂ ਦੇ ਨਾਲ ਲਾਲ ਲਕੀਰ ਦੇ ਅੰਦਰ ਘਰਾਂ ਦੀ ਮਿਣਤੀ ਕਰਨ ਦੀਆਂ ਲਗਾਈਆਂ ਗਈਆਂ ਡਿਊਟੀਆਂ ਦੀ ਨਿਖੇਧੀ ਕੀਤੀ ਗਈ।

ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਜਲੰਧਰ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਰਾਸ਼ਟਰੀ ਸਿੱਖਿਆ ਨੀਤੀ ਰੱਦ ਕਰਨ, ਕੱਚੇ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਵਿੱਚ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, ਖਾਲੀ ਅਸਾਮੀਆਂ ਪੂਰੇ ਤਨਖਾਹ ਸਕੇਲ ਵਿੱਚ ਭਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਹਰ ਵਰਗ ਦੀਆਂ ਪ੍ਰਮੋਸ਼ਨਾਂ ਸਾਲ ਵਿੱਚ ਦੋ ਵਾਰ ਕਰਨ, ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੀ ਉਚੇਰੀ ਗਰੇਡ ਪੇਅ ਬਹਾਲ ਕਰਨ, 125% ਮਹਿੰਗਾਈ ਭੱਤੇ ‘ਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤਾ 2.59 ਦਾ ਗੁਣਾਂਕ ਦੇਣ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਸੋਧਣ ਦੇ ਬਹਾਨੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਕਰਨ, 15-1-2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਦਾ ਨੋਟੀਫਿਕੇਸ਼ਨ ਅਤੇ 17-7-2020 ਤੋਂ ਕੇਂਦਰ ਸਰਕਾਰ ਦੇ ਸਕੇਲ ਥੋਪਣ ਦਾ ਨੋਟੀਫਿਕੇਸ਼ਨ ਰੱਦ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਸਮੇਤ ਅਧਿਆਪਕਾਂ ਦੀਆਂ ਭਖ਼ਦੀਆਂ ਮੰਗਾਂ ਮੰਨਵਾਉਣ ਲਈ 19 ਅਕਤੂਬਰ 2023 ਨੂੰ ਸ਼ਾਮ 3:00 ਵਜੇ ਜ਼ਿਲ੍ਹਾ ਜਲੰਧਰ ਵਿੱਚ 2 ਤਹਿਸੀਲਾਂ ਨਕੋਦਰ ਅਤੇ ਫਿਲੌਰ  ਵਿਖੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਤਹਿਸੀਲ ਨਕੋਦਰ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਕੋਦਰ 1 (ਫਾਟਕਾਂ ਵਾਲੇ ਸਕੂਲ ਦੇ ਸਾਹਮਣੇ) ਅਤੇ ਤਹਿਸੀਲ ਫਿਲੌਰ ਵਿੱਚ ਪਾਣੀ ਵਾਲੀ ਟੈਂਕੀ ਉੱਪਰ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ