ਵਿਦੇਸ਼ਾਂ ’ਚ ਰੋਜ਼ਗਾਰ ਤੇ ਸਿੱਖਿਆ ਹਾਸਲ ਕਰਨ ਦੇ ਚਾਹਵਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਹੈਲਪ ਡੈਸਕ ਸਥਾਪਤ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 90569-20100 ’ਤੇ ਕੀਤਾ ਜਾ ਸਕਦੈ ਸੰਪਰਕ ਵੈਬਸਾਈਟ www.jalandhar.nic.in ’ਤੇ ਰਜਿਸਟਰਡ ਟਰੈਵਲ ਏਜੰਟਾਂ ਸਬੰਧੀ ਸੂਚੀ ਉਪਲਬਧ
ਅਨਿਲ ਐਰੀ
ਵਿਦੇਸ਼ਾਂ ’ਚ ਰੋਜ਼ਗਾਰ ਤੇ ਸਿੱਖਿਆ ਹਾਸਲ ਕਰਨ ਦੇ ਚਾਹਵਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਹੈਲਪ ਡੈਸਕ ਸਥਾਪਤ
- ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 90569-20100 ’ਤੇ ਕੀਤਾ ਜਾ ਸਕਦੈ ਸੰਪਰਕ
- ਵੈਬਸਾਈਟ www.jalandhar.nic.in ’ਤੇ ਰਜਿਸਟਰਡ ਟਰੈਵਲ ਏਜੰਟਾਂ ਸਬੰਧੀ ਸੂਚੀ ਉਪਲਬਧ
ਜਲੰਧਰ, 1 ਅਪ੍ਰੈਲ: ਵਿਦੇਸ਼ਾਂ ਵਿਚ ਰੋਜ਼ਗਾਰ ਅਤੇ ਸਿੱਖਿਆ ਹਾਸਲ ਕਰਨ ਲਈ ਜਾਣ ਵਾਲੇ ਨੌਜਵਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ, ਜਿਸਦਾ ਹੈਲਪਲਾਈਨ ਨੰਬਰ 90569-20100 ਹੈ।
ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹੈਲਪ ਡੈਸਕ ਰਾਹੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਲੋੜੀਂਦੇ ਅਹਿਤਿਆਤ ਵਰਤਣ ਲਈ ਯੋਗ ਅਗਵਾਈ ਦਿੱਤੀ ਜਾਂਦੀ ਹੈ ਤਾਂ ਜੋ ਵਿਦੇਸ਼ਾਂ ਵਿਚ ਪੇਸ਼ ਆਉਣ ਵਾਲੀਆਂ ਚੁਣੌਤੀਆਂ ਦਾ ਸਹਿਜ ਮੁਕਾਬਲਾ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਵਿਦੇਸ਼ ਜਾਣ ਤੋਂ ਪਹਿਲਾਂ ਨੌਜਵਾਨਾਂ ਨੂੰ ਆਪਣੇ ਪਾਸਪੋਰਟ/ਵੀਜ਼ਾ/ਵਰਕ ਪਰਮਿਟ ਆਦਿ ਦੀ ਇਕ ਫੋਟੋ ਕਾਪੀ ਪੰਜਾਬ ਵਿਚ ਆਪਣੇ ਘਰ ਵੀ ਰੱਖਣੀ ਚਾਹੀਦੀ ਹੈ ਕਿ ਤਾਂ ਜੋ ਕਿਸੇ ਮੁਸ਼ਕਿਲ ਦੀ ਘੜੀ ਵਿਚ ਪਰਿਵਾਰ ਵਾਲਿਆਂ ਕੋਲ ਇਹ ਲੋੜੀਂਦੇ ਦਸਤਾਵੇਜ਼/ਜਾਣਕਾਰੀ ਜ਼ਰੂਰ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨਾਂ ਨੂੰ ਆਪਣਾ ਅਸਲ ਪਾਸਪੋਰਟ ਤੇ ਮੋਬਾਇਲ ਫੋਨ ਕਿਸੇ ਵੀ ਹਾਲਤ ਵਿਚ ਕਿਸੇ ਸ਼ੱਕੀ ਜਾਂ ਅਣਜਾਨ ਵਿਅਕਤੀ ਦੇ ਸਪੁਰਦ ਨਹੀਂ ਕਰਨੇ ਚਾਹੀਦੇ ਅਤੇ ਵਿਦੇਸ਼ ਵਿੱਚ ਕਿਸੇ ਮੁਸ਼ਕਿਲ ਹਾਲਾਤ ਵਿਚ ਨੌਜਵਾਨਾਂ ਨੂੰ ਉਥੇ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਕਿਸਮ ਦੇ ਮਾਨਸਿਕ ਤੇ ਸਰੀਰਕ ਸ਼ੋਸ਼ਣ ਤੋਂ ਬਚਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ www.jalandhar.nic.in ’ਤੇ ਰਜਿਸਟਰਡ ਟਰੈਵਲ ਏਜੰਟਾਂ ਸਬੰਧੀ ਸੂਚੀ ਦਰਜ ਕੀਤੀ ਗਈ ਹੈ। ਉਨ੍ਹਾਂ ਵਿਦੇਸ਼ਾਂ ਵਿੱਚ ਰੋਜ਼ਗਾਰ ਅਤੇ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ਜਾਣ ਲਈ ਕੇਵਲ ਸਰਕਾਰ ਵੱਲੋਂ ਰਜਿਸਟਰਡ ਏਜੰਟਾਂ ਨਾਲ ਹੀ ਸੰਪਰਕ ਕਰਨਾ ਚਾਹੀਦਾ ਹੈ, ਜਿਸਦੀ ਜਾਣਕਾਰੀ ਪ੍ਰੋਟੈਕਟਰ ਜਨਰਲ ਆਫ ਇਮੀਗ੍ਰੈਂਟਸ ਦੀ ਵੈਬਸਾਈਟ www.emigrate.gov.in ’ਤੇ ਉਪਲਬੱਧ ਹੈ ਅਤੇ ਪਤਾ SCO 28-32, Sector-34-A, Chandigarh, Email: poechd@mea.gov.in ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 95306-41790 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੈੱਬਸਾਈਟ ’ਤੇ ਇਮੀਗ੍ਰੇਸ਼ਨ ਐਕਟ-1983 ਤਹਿਤ ਇਮੀਗ੍ਰੇਸ਼ਨ ਨਿਯਮਾਂ ਦੀ ਜਾਣਕਾਰੀ ਦੇ ਨਾਲ-ਨਾਲ ਇਮੀਗ੍ਰੇਸ਼ਨ ਨੂੰ ਲੈ ਕੇ ਆਪਣੀ ਕਿਸੇ ਸ਼ਿਕਾਇਤ ਨੂੰ ਅਪਲੋਡ ਕਰਨ ਦੀ ਸੁਵਿਧਾ ਵੀ ਦਿੱਤੀ ਗਈ ਹੈ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਖਾੜੀ ਦੇਸ਼ਾਂ ਅਤੇ ਦੂਜੇ ਈ.ਸੀ.ਆਰ. ਦੇਸ਼ਾਂ ਵਿੱਚ ਵਰਕ ਵੀਜ਼ਾ ’ਤੇ ਜਾਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਿਖ਼ਲਾਈ ਦੇਣ ਲਈ ਪ੍ਰੀ-ਡਿਪਾਰਚਰ ਓਰੀਐਂਟੇਸ਼ਨ ਸਿਖ਼ਲਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕਰਨ ਲਈ ਵੈਬਸਾਈਟ https://pdot.mea.gov.in ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟਰੈਵਲ ਏਜੰਟਾਂ ਦੀ ਕਾਰਗੁਜ਼ਾਰੀ ਸਬੰਧੀ ਕਿਸੇ ਵੀ ਸ਼ੱਕੀ ਜਾਣਕਾਰੀ ਬਾਰੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਜਾਂ ਨੇੜੇ ਦੀ ਪੁਲਿਸ ਚੌਕੀ ਵਿਖੇ ਸੂਚਨਾ ਦਿੱਤੀ ਜਾ ਸਕਦੀ ਹੈ ਤਾਂ ਜੋ ਸਮੇਂ ਸਿਰ ਅਗਲੇਰੀ ਯੋਗ ਕਾਰਵਾਈ ਕੀਤੀ ਜਾ ਸਕੇ।