Thursday, November 5, 2026
JalandharPunjab

ਚੋਣ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਅਨਿਲ ਐਰੀ 
ਚੋਣ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਜਲੰਧਰ, 12 ਦਸੰਬਰ :
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ 14 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ।
ਉਨ੍ਹਾਂ ਸਮੂਹ ਚੋਣ ਅਮਲੇ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਕਰਵਾਉਣ ਦਾ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਡਿਊਟੀ ’ਤੇ ਤਾਇਨਾਤ ਚੋਣ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਚੋਣ ਡਿਊਟੀ ਨੂੰ ਜਿੰਮੇਵਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣ, ਤਾਂ ਜੋ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਡਾ. ਅਗਰਵਾਲ ਨੇ ਸਮੂਹ ਚੋਣ ਅਮਲੇ ਨੂੰ ਇਹ ਵੀ ਹਦਾਇਤ ਕੀਤੀ ਕਿ ਚੋਣ ਡਿਊਟੀ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਖਿਲਾਫ਼ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।