Wednesday, November 4, 2026
EducationPunjab

ਰਾਜਪਾਲ ਨੇ ਨੌਜਵਾਨਾਂ ਨੂੰ ਦੇਸ਼ ਨੂੰ ਵਿਕਸਿਤ ਬਣਾਉਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ  ਕਿਹਾ  ਸਿੱਖਿਆ ਦਾ ਅਸਲ ਉਦੇਸ਼ ਸਮਾਜ ‘ਚ ਸਾਰਥਕ ਯੋਗਦਾਨ ਪਾਉਣਾ ਡੀ.ਏ.ਵੀ. ਕਾਲਜ ਦੇ 90ਵੇਂ ਇਨਾਮ ਵੰਡ ਸਮਾਗਮ ’ਚ ਕੀਤੀ ਸ਼ਿਰਕਤ, 160 ਹੋਣਹਾਰ ਵਿਦਿਆਰਥੀ ਸਨਮਾਨੇ

ਅਨਿਲ ਐਰੀ 

ਰਾਜਪਾਲ ਨੇ ਨੌਜਵਾਨਾਂ ਨੂੰ ਦੇਸ਼ ਨੂੰ ਵਿਕਸਿਤ ਬਣਾਉਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ 

ਕਿਹਾ  ਸਿੱਖਿਆ ਦਾ ਅਸਲ ਉਦੇਸ਼ ਸਮਾਜ ‘ਚ ਸਾਰਥਕ ਯੋਗਦਾਨ ਪਾਉਣਾ

ਡੀ.ਏ.ਵੀ. ਕਾਲਜ ਦੇ 90ਵੇਂ ਇਨਾਮ ਵੰਡ ਸਮਾਗਮ ’ਚ ਕੀਤੀ ਸ਼ਿਰਕਤ, 160 ਹੋਣਹਾਰ ਵਿਦਿਆਰਥੀ ਸਨਮਾਨੇ

ਜਲੰਧਰ, 14 ਅਪ੍ਰੈਲ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਡੀ.ਏ.ਵੀ. ਕਾਲਜ ਦੇ 90ਵੇਂ ਇਨਾਮ ਵੰਡ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਕੇ ਦੇਸ਼ ਨੂੰ ਵਿਕਸਿਤ ਬਣਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਸਮਾਰੋਹ ਦੀ ਸ਼ੁਰੂਆਤ ਵਿੱਚ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਦੇਸ਼ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ ‘ਤੇ ਸਤਿਕਾਰ ਭੇਟ ਕੀਤਾ।

ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ਼੍ਰੀ ਕਟਾਰੀਆ ਨੇ ਸੰਪੂਰਨ ਸਿੱਖਿਆ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਗਿਆਨ ਉਹੀ ਸਾਰਥਕ ਹੈ, ਜਿਸ ਨਾਲ ਵਿਕਸਿਤ ਮਾਨਸਿਕਤਾ ਤਿਆਰ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ, ਅਨੁਸ਼ਾਸਿਤ ਰਹਿਣ, ਨੈਤਿਕ ਜੀਵਨ ਜਿਊਣ ਅਤੇ ਸਮਾਜ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ।

ਸ਼੍ਰੀ ਕਟਾਰੀਆ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਧਿਆਪਕਾਂ ਦੀ ਭੂਮਿਕਾ ਬੜੀ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਣ ਦੇ ਨਾਲ-ਨਾਲ ਉਸ ਲਈ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਰਾਹ ਵੀ ਪੱਧਰਾ ਕਰਦਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਕਸਿਤ ਬਣਾਉਣ ਵਿੱਚ ਸਿੱਖਿਆ ਸੰਸਥਾਵਾਂ ਮਹੱਤਵਪੂਰਨ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਅਤੇ ਏ.ਆਈ ਦੇ ਯੁੱਗ ਵਿੱਚ ਲੋੜ ਹੈ ਕਿ ਸਿੱਖਿਆ ਸੰਸਥਾਵਾਂ ਅਜੋਕੇ ਸਮੇਂ ਦੀ ਜ਼ਰੂਰਤ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਹੁਨਰ ਸਿਖ਼ਲਾਈ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ।

ਅੱਜ ਦੇ ਇਨਾਮ ਵੰਡ ਸਮਾਗਮ ਦੌਰਾਨ 90 ਫੀਸਦੀ ਮੈਡਲ ਲੜਕੀਆਂ ਵੱਲੋਂ ਹਾਸਲ ਕਰਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਅੱਜ ਹਰ ਖੇਤਰ ਵਿੱਚ ਅੱਗੇ ਹਨ।

ਰਾਜਪਾਲ ਸ਼੍ਰੀ ਕਟਾਰੀਆ ਨੇ ਡੀ.ਏ.ਵੀ. ਸੰਸਥਾਵਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਰੀਆ ਸਮਾਜ ਅਤੇ ਡੀ.ਏ.ਵੀ. ਸੀ.ਐਮ.ਸੀ. ਦੇ ਸੰਸਥਾਪਕਾਂ ਦੀ ਨੈਤਿਕ ਸਿੱਖਿਆ ਪ੍ਰਤੀ ਵਚਨਬੱਧਤਾ ਲਈ ਸ਼ਲਾਘਾ ਵੀ ਕੀਤੀ। ਸਵਾਮੀ ਦਯਾਨੰਦ ਸਰਸਵਤੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣਾ ਹੈ। ਉਨ੍ਹਾਂ ਨੇ ਡੀ.ਏ.ਵੀ. ਸੀ.ਐਮ.ਸੀ. ਦੀ ਮਹਿਲਾ ਸਿੱਖਿਆ ਵਿੱਚ ਮੋਹਰੀ ਭੂਮਿਕਾ ਲਈ ਵੀ ਪ੍ਰਸ਼ੰਸਾ ਕੀਤੀ।

ਇਸ ਦੌਰਾਨ ਲਗਭਗ 160 ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਆਦਿ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰਿੰਸੀਪਲ ਡਾ. ਅਨੂਪ ਕੁਮਾਰ, ਵਾਈਸ-ਪ੍ਰਿੰਸੀਪਲ ਪ੍ਰੋ. ਕੁੰਵਰ ਰਾਜੀਵ, ਪ੍ਰੋ. ਸੋਨਿਕਾ ਦਾਨੀਆ, ਰਜਿਸਟਰਾਰ ਪ੍ਰੋ. ਅਸ਼ੋਕ ਕਪੂਰ ਅਤੇ ਡਿਪਟੀ ਰਜਿਸਟਰਾਰ ਪ੍ਰੋ. ਮਨੀਸ਼ ਖੰਨਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।