Wednesday, November 4, 2026
ElectionJalandharPunjab

*ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ* *ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ*

ਅਨਿਲ ਐਰੀ 
*ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ*
*ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ*
ਜਲੰਧਰ, 24 ਮਈ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਤਹਿਤ ਚੋਣ ਪ੍ਰਕਿਰਿਆ ਸ਼ਾਂਤਮਈ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ ਮਿਤੀ 26-05-2026 ਨੂੰ ਜ਼ਿਲ੍ਹਾ ਜਲੰਧਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ’ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ।
ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਆਬਜ਼ਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦਾ ਪੋਸਟਰ/ਬੈਨਰ ਆਦਿ ਨਹੀਂ ਲਗਾਇਆ ਜਾਵੇਗਾ।
ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਆਦਿ ਨਹੀਂ ਲਗਾਏਗਾ। ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਜਾਂ ਸਬੰਧਿਤ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।