Wednesday, November 4, 2026
ElectionJalandharPunjab

ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ 7 ਜੂਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬੀ.ਐਲ.ਏਜ਼ ਤੇ ਆਮ ਨਾਗਰਿਕਾਂ ਨੂੰ ਮੁਹਿੰਮ ’ਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ

ਅਨਿਲ ਐਰੀ 
ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ 7 ਜੂਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬੀ.ਐਲ.ਏਜ਼ ਤੇ ਆਮ ਨਾਗਰਿਕਾਂ ਨੂੰ ਮੁਹਿੰਮ ’ਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ
ਜਲੰਧਰ, 5 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪ੍ਰੀ-ਸਪੈਸ਼ਲ ਇੰਟੈਂਸਿਵ ਰਵੀਜ਼ਨ (ਪ੍ਰੀ-ਐਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰਾਂ ਦੇ ਮਿਲਾਨ ਦੀ ਪ੍ਰਕਿਰਿਆ ਜਾਰੀ ਹੈ। ਇਸ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ 7 ਜੂਨ 2026 ਨੂੰ ਜ਼ਿਲ੍ਹੇ ਭਰ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਐਤਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ, ਜਿਥੇ ਸਾਰੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਦੀ 2003 ਦੀ ਸੂਚੀ ਨਾਲ ਮੈਪਿੰਗ ਵਿੱਚ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਮੈਪਿੰਗ ਦੀ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 16,50,095 ਵੋਟਰਾਂ ਵਿੱਚੋਂ 13,47,713 ਵੋਟਰ ਪ੍ਰੀ-ਐਸ.ਆਈ.ਆਰ. ਮੈਪਿੰਗ ਤਹਿਤ 2003 ਦੀ ਵੋਟਰ ਸੂਚੀ ਨਾਲ ਮੈਪ ਕੀਤੇ ਜਾ ਚੁੱਕੇ ਹਨ, ਜੋ ਕੁੱਲ ਵੋਟਰਾਂ ਦਾ 81.67 ਫੀਸਦੀ ਬਣਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਅਤੇ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਏ.ਈ.ਆਰ.ਓਜ਼) ਨੂੰ ਕੈਂਪਾਂ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨਾਲ ਤਾਲਮੇਲ ਕਰਕੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਹਦਾਇਤ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਓਜ਼.) ਨੂੰ ਇਸ ਇੱਕ ਰੋਜ਼ਾ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਆਮ ਵੋਟਰਾਂ, ਜਿਨ੍ਹਾਂ ਨੇ ਅਜੇ ਤੱਕ ਪ੍ਰੀ-ਐਸ.ਆਈ.ਆਰ. ਤਹਿਤ ਚੱਲ ਰਹੀ ਵੋਟਰ ਮੈਪਿੰਗ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ ਹੈ, ਨੂੰ ਅਪੀਲ ਕਰਦਿਆਂ ਕਿਹਾ ਕਿ 7 ਜੂਨ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਬੀ.ਐਲ.ਓਜ਼ ਰਾਹੀਂ ਆਪਣੀ ਮੈਪਿੰਗ ਜ਼ਰੂਰ ਕਰਵਾਉਣ।